
**ਭਰੇ ਹੋਏ ਖ਼ਜ਼ਾਨੇ ਵਿੱਚੋਂ ਪੰਜਾਬ ਦੇ ਆਈ ਏ ਐਸ/ਆਈ ਪੀ ਐਸ ਅਧਿਕਾਰੀਆਂ ਵਾਂਗ 58 ਪ੍ਰਤੀਸ਼ਤ ਡੀ ਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤੁਰੰਤ ਦੇਵੇ ਪੰਜਾਬ ਸਰਕਾਰ***ਸਾਂਝਾ ਫਰੰਟ ਨੂੰ ਦਿੱਤੇ ਭਰੋਸੇ ਅਨੁਸਾਰ ਵਿੱਤ ਮੰਤਰੀ ਪੰਜਾਬ 16 ਪ੍ਰਤੀਸ਼ਤ ਡੀ ਏ ਦੇਣ ਦਾ ਕਰਨ ਤੁਰੰਤ ਐਲਾਨ****ਸਾਂਝਾ ਫਰੰਟ ਦੀ 16 ਨਵੰਬਰ ਦੀ ਸੰਗਰੂਰ ਸੂਬਾਈ ਰੈਲੀ ਵਿੱਚ ਸ਼ਮੂਲੀਅਤ ਕਰਨ ਦਾ ਕੀਤਾ ਐਲਾਨ**ਫ਼ਗਵਾੜਾ:12 ਅਕਤੂਬਰ ( )ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੀ ਮਾਸਿਕ ਮੀਟਿੰਗ ਪ੍ਰਧਾਨ ਮੋਹਣ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੇ ਸ਼ੁਰੂ ਵਿੱਚ ਪਿਛਲੇ ਦਿਨਾਂ ਵਿੱਚ ਸਦੀਵੀ ਵਿਛੋੜਾ ਦੇ ਗਏ ਮਾਸੂਮ ਹਰਵੀਰ ,ਗਾਇਕ ਰਾਜਵੀਰ ਜਵੰਦਾ, ਕੌਮੀ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ, ਪੈਨਸ਼ਨਰ ਸ੍ਰੀ ਸਰਵਣ ਰਾਮ, ਸ੍ਰੀਮਤੀ ਭਜਨ ਕੌਰ ਅਤੇ ਅਨਿਲ ਕੁਮਾਰ ਆਦਿ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਐਸੋਸੀਏਸ਼ਨ ਦੇ ਜਿਹਨਾਂ ਮੈਂਬਰਾਂ ਦਾ ਜਨਮ ਦਿਨ ਅਕਤੂਬਰ ਮਹੀਨੇ ਵਿੱਚ ਆਉਂਦਾ ਹੈ, ਉਹਨਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੰਦੇ ਹੋਏ, ਉਹਨਾਂ ਦੀ ਤੰਦਰੁਸਤੀ ਅਤੇ ਖੁਸ਼ੀਆਂ ਭਰਪੂਰ ਲੰਬੀ ਉਮਰ ਦੀ ਕਾਮਨਾ ਕੀਤੀ ਗਈ। ਮੀਟਿੰਗ ਦੀ ਸਮੁੱਚੀ ਕਾਰਵਾਈ ਨੂੰ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਚਲਾਇਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਐਸੋਸੀਏਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਸੰਧੂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਵਤੀਰੇ ਸੰਬੰਧੀ ਜਾਣਕਾਰੀ ਵਿਸਥਾਰ ਵਿੱਚ ਦਿੱਤੀ।ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਦੱਸਿਆ ਕਿ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸਾਂਝੇ ਤੌਰ ‘ਤੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਕਿ ਜਿਵੇਂ ਪੰਜਾਬ ਦੇ ਨੱਕੋ ਨੱਕ ਭਰੇ ਖ਼ਜ਼ਾਨੇ ਵਿੱਚੋਂ ਪੰਜਾਬ ਦੇ ਆਈ ਏ ਐਸ/ਆਈ ਪੀ ਐਸ ਅਧਿਕਾਰੀਆਂ ਨੂੰ ਕੇਂਦਰ ਦੀ ਤਰਜ਼ ਤੇ ਤੁਰੰਤ 58 ਪ੍ਰਤੀਸ਼ਤ ਡੀ ਏ ਦਿੱਤਾ ਜਾ ਰਿਹਾ ਹੈ, ਠੀਕ ਉਸੇ ਤਰ੍ਹਾਂ ਹੀ ਡੀ ਏ ਲੈਣ ਲਈ ਤਰਸਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੀ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਪਹਿਲਾਂ ਡੀ ਏ ਦੀਆਂ ਰਹਿੰਦੀਆਂ ਸੋਲਾਂ ਪ੍ਰਤੀਸ਼ਤ ਦੀਆਂ ਕਿਸ਼ਤਾਂ ਨਗਦ ਦੇਣ ਦਾ ਐਲਾਨ ਪੰਜਾਬ ਸਰਕਾਰ ਤੁਰੰਤ ਕਰੇ ਤਾਂ ਜੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੀ ਵਧੀ ਹੋਈ ਮਹਿੰਗਾਈ ਤੋਂ ਰਾਹਤ ਮਿਲ ਸਕੇ। ਆਗੂਆਂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਨਾਲ 08 ਅਕਤੂਬਰ ਨੂੰ ਮੀਟਿੰਗ ਕਰਦੇ ਹੋਏ ਜਲਦੀ ਡੀ ਏ ਦੇਣ ਦੇ ਦਿੱਤੇ ਭਰੋਸੇ ਨੂੰ ਵਿੱਤ ਮੰਤਰੀ ਪੰਜਾਬ ਸ.ਹਰਪਾਲ ਸਿੰਘ ਚੀਮਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਤੋਂ ਪਹਿਲਾਂ ਪਹਿਲਾਂ 16 ਪ੍ਰਤੀਸ਼ਤ ਡੀ ਏ ਨਗਦ ਦੇਣ ਦਾ ਐਲਾਨ ਤੁਰੰਤ ਕਰਕੇ ਆਪਣੇ ਦਿੱਤੇ ਭਰੋਸੇ ਦੀ ਭਰੋਸੇਯੋਗਤਾ ਨੂੰ ਕਾਇਮ ਕਰਨ।ਪਿਛਲੇ ਮਹੀਨੇ ਦੀ ਮੀਟਿੰਗ ਤੋਂ ਬਾਅਦ ਹੋਏ ਸੰਘਰਸ਼ਾਂ ਦਾ ਰਿਵਿਊ ਕੀਤਾ ਗਿਆ ਅਤੇ ਕੀਤੀ ਗਈ ਸ਼ਮੂਲੀਅਤ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਐਕਸ਼ਨਾਂ ਵਿੱਚ ਸ਼ਮੂਲੀਅਤ ਕਰਨ ਵਾਲੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।ਮੰਗਾਂ ਦਾ ਜ਼ਿਕਰ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਪੇ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਪੈਨਸ਼ਨਰਾਂ ਨੂੰ ਪੈਂਨਸ਼ਨ ਰੀਵਾਈਜ ਲਈ 2.59 ਦਾ ਗੁਣਾਂਕ ਲਾਗੂ ਕਰਨ,ਡੀ ਏ16ਪ੍ਰਤੀਸ਼ਤ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਡੀ ਏ ਦੇ ਪਿਛਲੇ ਬਕਾਏ ਦੇਣ,ਚੋਣ ਵਾਅਦੇ ਅਨੁਸਾਰ ਪੁਰਾਣੀ ਪੈਂਨਸ਼ਨ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੂਰੇ ਪੂਰੇ ਗਰੇਡਾਂ ਵਿੱਚ ਰੈਗੂਲਰ ਕਰਨ,ਮਾਣ ਭੱਤਾ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ, ਮੈਡੀਕਲ ਭੱਤਾ 2000/- ਰੁਪਏ ਕਰਨ, ਕੈਸ਼ ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਸੋਧ ਨਾਂ ਤੇ ਬੰਦ ਕੀਤੇ ਭੱਤੇ ਬਹਾਲ ਕਰਨ, ਵਿਕਾਸ ਟੈਕਸ ਦੇ ਨਾਂ ਤੇ ਲਗਾਇਆ 200/- ਰੁਪਏ ਜਜੀਆ ਟੈਕਸ ਬੰਦ ਕਰਨ,ਹਰ ਵਿਭਾਗ ਵਿੱਚ ਕੇਂਦਰ ਸਰਕਾਰ ਦੇ ਗਰੇਡਾਂ ਦੀ ਬਜਾਏ ਪੰਜਾਬ ਸਰਕਾਰ ਦੇ ਪੂਰੇ ਪੂਰੇ ਗਰੇਡਾਂ ਤੇ ਨਵੀਆਂ ਨਿਯੁਕਤੀਆਂ ਚਾਲੂ ਕਰਨ ਆਦਿ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਲਗਾਤਾਰ ਸੰਘਰਸ਼ ਨੂੰ ਜਾਰੀ ਰੱਖਦੇ ਹੋਏ 16 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਮੰਗ ਕੀਤੀ ਗਈ ਕਿ ਮਾਸੂਮ ਹਰਵੀਰ ਦੇ ਕਾਤਲ ਤੇ ਜਲਦੀ ਤੋਂ ਜਲਦੀ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਦੂਜੇ ਮਤੇ ਰਾਹੀਂ ਮੰਗ ਕੀਤੀ ਗਈ ਕਿ ਸੁਪਰੀਮ ਕੋਰਟ ਦੇ ਮੁੱਖ ਜੱਜ ਬੀ ਆਰ ਗਵਈ ਵੱਲ ਜੁੱਤੀ ਮਾਰਨ ਵਾਲੇ ਵਕੀਲ ਰਾਕੇਸ਼ ਕਿਸ਼ੋਰ ਦੇ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਤੁਰੰਤ ਯਕੀਨੀ ਬਣਾਈ ਜਾਵੇ ਵਾਈ ਪੂਰਨ ਕੁਮਾਰ ਆਈ ਪੀ ਐਸ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਵਾਲੇ ਉੱਚ ਅਧਿਕਾਰੀਆਂ ਦੀ ਤਿੱਖੀ ਨਿਖੇਧੀ ਕਰਦੇ ਹੋਏ, ਉਹਨਾਂ ਤੇ ਕ਼ਾਨੂਨ ਅਨੁਸਾਰ ਕਾਰਵਾਈ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੂੰ ਇਨਸਾਫ਼ ਦੇਣ ਦੀ ਮੰਗ ਵੀ ਕੀਤੀ।ਵਿੱਤ ਸਕੱਤਰ ਗੁਰਨਾਮ ਸਿੰਘ ਸੈਣੀ ਨੇ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨਾਲ ਐਸੋਸੀਏਸ਼ਨ ਦੀ ਆਮਦਨ ਅਤੇ ਖਰਚ ਦੇ ਵੇਰਵੇ ਸਾਂਝੇ ਕੀਤੇ ਅਤੇ ਕੀਤੇ ਗਏ ਖਰਚਿਆਂ ਨੂੰ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ। ਵਿੱਤ ਸਕੱਤਰ ਵਲੋਂ ਸਾਲ 2025 ਦਾ ਸੰਘਰਸ਼ ਫੰਡ ਜਮ੍ਹਾਂ ਕਰਵਾ ਚੁੱਕੇ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਐਸੋਸੀਏਸ਼ਨ ਦੇ ਉਹਨਾਂ ਮੈਂਬਰਾਂ ਨੂੰ ਬੇਨਤੀ ਵੀ ਕੀਤੀ ਕਿ ਜਿਹਨਾਂ ਮੈਂਬਰਾਂ ਦਾ ਅਜੇ ਸਾਲ 2025 ਦਾ ਸੰਘਰਸ਼ ਫੰਡ ਜਮ੍ਹਾਂ ਨਹੀਂ ਹੋਇਆ,ਉਹ ਮੈਂਬਰ ਜਲਦੀ ਤੋਂ ਜਲਦੀ ਫੰਡ ਜਮ੍ਹਾਂ ਕਰਵਾਉਣ ਦੀ ਕਿਰਪਾਲਤਾ ਕਰਨ ਜੀ ਤਾਂ ਜੋ ਡਿਫਾਲਟਰ ਹੋਣ ਤੋਂ ਬਚੇ ਰਹੀਏ। ਆਖਿਰ ਵਿੱਚ ਪ੍ਰਧਾਨ ਮੋਹਣ ਸਿੰਘ ਭੱਟੀ ਨੇ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਐਸੋਸੀਏਸ਼ਨ ਦੇ ਘਰਾਂ ਵਿੱਚ ਬੈਠੇ ਮੈਂਬਰਾਂ ਨੂੰ ਵੀ ਮਾਸਿਕ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਵਧਾਉਣ ਦੀ ਅਪੀਲ ਵੀ ਕੀਤੀ।ਇਸ ਸਮੇਂ ਹੋਰਨਾਂ ਤੋਂ ਇਲਾਵਾ ਐਸੋਸੀਏਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਸੰਧੂ,ਪ੍ਰਧਾਨ ਮੋਹਣ ਸਿੰਘ ਭੱਟੀ, ਸੀਨੀਅਰ ਮੀਤ ਪ੍ਰਧਾਨ ਪ੍ਰਮੋਦ ਕੁਮਾਰ ਜੋਸ਼ੀ, ਜੁਆਇੰਟ ਸਕੱਤਰ ਸਤਪਾਲ ਸਿੰਘ ਖੱਟਕੜ, ਵਿੱਤ ਸਕੱਤਰ ਗੁਰਨਾਮ ਸਿੰਘ ਸੈਣੀ,ਕੇ ਕੇ ਪਾਂਡੇ, ਹਰਭਜਨ ਲਾਲ ਕੌਲ,ਹਰਭਜਨ ਲਾਲ, ਅਸ਼ਵਨੀ ਕੁਮਾਰ,ਰਤਨ ਸਿੰਘ ਅਤੇ ਕੁਲਦੀਪ ਸਿੰਘ ਕੌੜਾ ਆਦਿ ਪੈਨਸ਼ਨਰ ਸਾਥੀ ਹਾਜ਼ਰ ਸਨ।