ਤਿੰਨ ਸਾਲ ਬੀਤ ਜਾਣ ਤੇ ਵੀ ਨਹੀ ਲਾਗੂ ਹੋਇਆ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ

ਤਿੰਨ ਸਾਲ ਬੀਤ ਜਾਣ ਤੇ ਵੀ ਨਹੀ ਲਾਗੂ ਹੋਇਆ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ

ਮੁਲਾਜ਼ਮਾਂ ਨੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਜਤਾਇਆ ਰੋਸ

ਪੁਰਾਣੀ ਪੈਨਸ਼ਨ ਬਹਾਲ ਕਰਕੇ ਮੁਲਾਜ਼ਮਾਂ ਨਾਲ ਕੀਤਾ ਚੁਣਾਵੀ ਵਾਅਦਾ ਪੂਰਾ ਕਰਕੇ ਸਰਕਾਰ -ਆਗੂ

ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲੀ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਨੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿੱਚ ਫਾਇਦਾ ਲੈਣ ਲਈ 18 ਨਵੰਬਰ 2022 ਨੂੰ ਜਲਦਬਾਜ਼ੀ ਵਿੱਚ ਇੱਕ ਅੱਧਾ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਫਾਜ਼ਿਲਕਾ ਦੇ ਆਗੂ ਬਲਵਿੰਦਰ ਸਿੰਘ, ਦੁਪਿੰਦਰ ਢਿੱਲੋਂ, ਕੁਲਦੀਪ ਸਿੰਘ ਸੱਭਰਵਾਲ, ਪਰਮਜੀਤ ਸਿੰਘ ਸੋਰੇਵਾਲਾ ,ਜਗਨੰਦਨ ਸਿੰਘ, ਸੁਰਿੰਦਰ ਕੰਬੋਜ, ਗੁਰਮੀਤ ਸਿੰਘ ਢਾਬਾ, ਸੁਖਵਿੰਦਰ ਸਿੰਘ ਸਿੱਧੂ, ਹਰਜਿੰਦਰ ਸਿੰਘ, ਸੁਖਦੇਵ ਚੰਦ ਕੰਬੋਜ, ਅਮਰਜੀਤ ਸਿੰਘ ਚਾਵਲਾ ਅਤੇ ਅਸ਼ੋਕ ਕੁਮਾਰ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਅੱਜ ਤਿੰਨ ਸਾਲ ਬੀਤ ਜਾਣ ਤੇ ਵੀ ਇਸ ਨੋਟੀਫਿਕੇਸ਼ਨ ਨੂੰ ਅਮਲੀ ਜਾਮਾ ਨਹੀ ਪਹਿਨਾਇਆ ਗਿਆ। ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਦੀ ਉਡੀਕ ਕਰ ਰਹੇ ਮੁਲਾਜ਼ਮ ਵਰਗ ਨਾਲ ਧੋਖਾ ਹੈ। ਉਹਨਾਂ ਦੱਸਿਆ ਕਿ ਇਸ ਦੇ ਨਾਲ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਨੂੰ ਪੂਰਨ ਰੂਪ ਵਿੱਚ ਲਾਗੂ ਨਾ ਕਰਨਾ , ਬਾਰਡਰ ਏਰੀਆ, ਪੇਂਡੂ ਏਰੀਆ ਭੱਤਿਆਂ ਸਮੇਤ ਹੋਰ ਅਨੇਕਾਂ ਭੱਤੇ ਬਹਾਲ ਨਾ ਕਰਨਾ, ਸੋਲ੍ਹਾਂ ਫੀਸਦੀ ਡੀਏ ਘੱਟ ਦੇ ਕੇ ਮੁਲਾਜ਼ਮ ਵਰਗ ਦਾ ਵੱਡਾ ਆਰਥਿਕ ਨੁਕਸਾਨ ਕੀਤਾ ਹੈ । ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਆਗੂਆ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਸੂਬੇ ਭਰ ਦੇ ਮੁਲਾਜ਼ਮ ਆਪਣੇ-ਆਪਣੇ ਸਕੂਲਾਂ, ਦਫ਼ਤਰਾ ਵਿੱਚ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਦੇਰੀ ਦੇ 1973 ਦੇ ਪੈਨਸ਼ਨ ਐਕਟ ਮੁਤਾਬਕ ਪੁਰਾਣੀ ਪੈਨਸ਼ਨ ਲਾਗੂ ਕਰਕੇ ਮੁਲਾਜ਼ਮਾਂ ਨਾਲ ਕੀਤਾ ਵਾਅਦਾ ਪੂਰਾ ਕਰੇ। ਉਹਨਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਾਰੀ ਉਮਰ ਕੀਤੀ ਸੇਵਾ ਦਾ ਫਲ ਹੁੰਦਾ ਹੈ ਨਾ ਕਿ ਖੈਰਾਤ ਪੈਨਸ਼ਨ ਮੁਲਾਜ਼ਮਾਂ ਦਾ ਸੰਵਿਧਾਨਕ ਹੱਕ ਹੈ।ਜਿਸ ਨੂੰ ਮੁਲਾਜ਼ਮ ਹਰ ਹਾਲ ਵਿੱਚ ਲੈ ਕੇ ਰਹਿਣਗੇ। ਉਹਨਾਂ ਕਿਹਾ ਕਿ ਸਰਕਾਰ ਬਿਨਾਂ ਦੇਰੀ ਪੁਰਾਣੀ ਪੈਨਸ਼ਨ ਬਹਾਲ ਕਰਕੇ ਮੁਲਾਜ਼ਮਾਂ ਨਾਲ ਕੀਤਾ ਵਾਅਦਾ ਪੂਰਾ ਕਰੇ ਨਹੀ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰ ਨੂੰ ਮੁਲਾਜ਼ਮ ਵਰਗ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

Scroll to Top