
ਪੰਜਾਬ ਸਰਕਾਰ ਦਾ ਬਜਟ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਖਾਲੀ ਪੀਪਾ ਸਾਬਿਤ ਹੋਇਆ:
16 ਪ੍ਰਤੀਸ਼ਤ ਡੀ ਏ ਤੁਰੰਤ ਦੇ ਕੇ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੇਵੇ ਰਾਹਤ
ਹਰ ਵਰਗ ਦੇ ਸੰਘਰਸ਼ਸ਼ੀਲ ‘ਤੇ ਕੀਤੇ ਜਾ ਰਹੇ ਤਸ਼ੱਸਦ ਦੀ ਕੀਤੀ ਤਿੱਖੀ ਨਿਖੇਧੀ
ਫ਼ਗਵਾੜਾ:15 ਮਾਰਚ ( )
ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੀ ਮਾਸਿਕ ਮੀਟਿੰਗ ਪ੍ਰਧਾਨ ਮੋਹਣ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੇ ਸ਼ੁਰੂ ਵਿੱਚ ਹਾਜ਼ਰ ਮੈਂਬਰਾਂ ਨੇ ਸਾਂਝੇ ਤੌਰ ‘ਤੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਸਿਰਫ ਤੇ ਸਿਰਫ ਖਾਲੀ ਪੀਪਾ ਦੱਸਿਆ, ਕਿਉਂ ਕਿ ਇਸ ਬਜਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੇਣ ਲਈ ਕੁੱਝ ਵੀ ਨਹੀਂ ਰੱਖਿਆ ਗਿਆ।ਐਸੋਸੀਏਸ਼ਨ ਦੇ ਜਿਹਨਾਂ ਮੈਂਬਰਾਂ ਦਾ ਜਨਮ ਦਿਨ ਮਾਰਚ ਮਹੀਨੇ ਵਿੱਚ ਆਉਂਦਾ ਹੈ, ਉਹਨਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੰਦੇ ਹੋਏ, ਉਹਨਾਂ ਦੀ ਤੰਦਰੁਸਤੀ ਅਤੇ ਖੁਸ਼ੀਆਂ ਭਰਪੂਰ ਲੰਬੀ ਉਮਰ ਦੀ ਕਾਮਨਾ ਕੀਤੀ ਗਈ। ਮੀਟਿੰਗ ਦੀ ਸਮੁੱਚੀ ਕਾਰਵਾਈ ਨੂੰ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਚਲਾਇਆ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਪ੍ਰੈੱਸ ਸਕੱਤਰ ਸੀਤਲ ਰਾਮ ਬੰਗਾ ਨੇ ਦੱਸਿਆ ਕਿ ਮੀਟਿੰਗ ਵਿੱਚ ਹਾਜ਼ਰ ਆਗੂਆਂ ਅਤੇ ਮੈਂਬਰਾਂ ਨੇ ਸਾਂਝੇ ਤੌਰ ‘ਤੇ ਬਜਟ ਸੈਸ਼ਨ ਦੌਰਾਨ ਹਰ ਵਰਗ ਦੇ ਸੰਘਰਸ਼ਸ਼ੀਲ ਮੁਲਾਜ਼ਮਾਂ ‘ਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਗੰਦੇ ਪਾਣੀ ਦੀਆਂ ਬੁਛਾੜਾਂ ਮਾਰਨ, ਅੱਥਰੂ ਗੈਸ ਦੇ ਗੋਲੇ ਦਾਗਣ ਅਤੇ ਲਾਠੀਚਾਰਜ ਕਰਨ ਦੀ ਤਿੱਖੀ ਨਿਖੇਧੀ ਕਰਦੇ ਹੋਏ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਆਗੂਆਂ ਨਾਲ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਦੇ ਹੋਏ ਉਹਨਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਆਗੂਆਂ ਨੇ ਸਾਂਝੇ ਤੌਰ ਤੇ ਮੰਗ ਕੀਤੀ ਕਿ 16 ਪ੍ਰਤੀਸ਼ਤ ਡੀ ਏ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਨਗਦ ਦੇਣ ਦਾ ਐਲਾਨ ਕਰਕੇ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਧੀ ਹੋਈ ਮਹਿੰਗਾਈ ਤੋਂ ਰਾਹਤ ਦੇਵੇ। ਮੰਗਾਂ ਦਾ ਜ਼ਿਕਰ ਕਰਦੇ ਹੋਏ ਆਗੂਆਂ ਨੇ
ਕਿਹਾ ਕਿ ਪੇ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਪੈਨਸ਼ਨਰਾਂ ਨੂੰ ਪੈਂਨਸ਼ਨ ਰੀਵਾਈਜ ਲਈ 2.59 ਦਾ ਗੁਣਾਂਕ ਲਾਗੂ ਕਰਨ,ਚੋਣ ਵਾਅਦੇ ਅਨੁਸਾਰ ਪੁਰਾਣੀ ਪੈਂਨਸ਼ਨ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੂਰੇ ਪੂਰੇ ਗਰੇਡਾਂ ਵਿੱਚ ਰੈਗੂਲਰ ਕਰਨ,ਮਾਣ ਭੱਤਾ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ, ਮੈਡੀਕਲ ਭੱਤਾ 2000/- ਰੁਪਏ ਕਰਨ, ਕੈਸ਼ ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਸੋਧ ਨਾਂ ਤੇ ਬੰਦ ਕੀਤੇ ਭੱਤੇ ਬਹਾਲ ਕਰਨ, ਵਿਕਾਸ ਟੈਕਸ ਦੇ ਨਾਂ ਤੇ ਲਗਾਇਆ 200/- ਰੁਪਏ ਜਜੀਆ ਟੈਕਸ ਬੰਦ ਕਰਨ,ਹਰ ਵਿਭਾਗ ਵਿੱਚ ਕੇਂਦਰ ਸਰਕਾਰ ਦੇ ਗਰੇਡਾਂ ਦੀ ਬਜਾਏ ਪੰਜਾਬ ਸਰਕਾਰ ਦੇ ਪੂਰੇ ਪੂਰੇ ਗਰੇਡਾਂ ਤੇ ਨਵੀਆਂ ਨਿਯੁਕਤੀਆਂ ਕਰਨ ਆਦਿ ਮੰਗਾਂ ਨੂੰ ਮੰਨਣ ਅਤੇ ਲਾਗੂ ਕਰਨ ਲਈ ਸਾਂਝਾ ਫਰੰਟ ਦੇ ਆਗੂਆਂ ਨਾਲ ਦੋ ਧਿਰੀ ਗੱਲਬਾਤ ਕਰਦੇ ਹੋਏ ਨਿਪਟਾਰਾ ਕੀਤਾ ਜਾਵੇ। ਪਿਛਲੇ ਸਮੇਂ ਦੌਰਾਨ ਸਦੀਵੀ ਵਿਛੋੜਾ ਦੇ ਗਏ ਪ੍ਰਿੰਸੀਪਲ ਪਿਆਰਾ ਸਿੰਘ, ਤਰਸੇਮ ਸਿੰਘ ਥਾਂਦੀ, ਅਮਰੀਕਾ ਇਜ਼ਰਾਈਲ ਵਲੋਂ ਇਰਾਨ ਤੇ ਥੋਪੀ ਜ਼ਬਰੀ ਜੰਗ ਵਿੱਚ ਮਾਰੀਆਂ ਗਈਆਂ 150 ਸਕੂਲੀ ਬੱਚੀਆਂ ਅਤੇ ਹੋਰ ਨਾਗਰਿਕਾਂ ਦੇ ਮਾਰੇ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੋਨ ਸ਼ਰਧਾਂਜਲੀ ਭੇਟ ਕੀਤੀ ਗਈ। ਇੱਕ ਵੱਖਰਾ ਮਤਾ ਪਾਸ ਕਰਕੇ ਅਮਰੀਕਾ ਇਜ਼ਰਾਈਲ ਵਲੋਂ ਆਪਣੀ ਤਾਨਾਸ਼ਾਹੀ ਨੂੰ ਕਾਇਮ ਕਰਨ ਲਈ ਇਰਾਨ ਤੇ ਜ਼ਬਰੀ ਥੋਪੀ ਗਈ ਜੰਗ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਮੰਗ ਕੀਤੀ ਕਿ ਤੁਰੰਤ ਜੰਗ ਬੰਦ ਕੀਤੀ ਜਾਵੇ। ਇੱਕ ਹੋਰ ਮਤੇ ਰਾਹੀਂ ਐਸੋਸੀਏਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਸੰਧੂ ਅਤੇ ਮੈਂਬਰਾਂ ਰਵਿੰਦਰ ਪਾਲ ਕੌਰ ਸੰਧੂ ਦੇ ਪੋਤੇ ਗੁਰਅੰਸ਼ ਸਿੰਘ ਸੰਧੂ ਦੇ ਦਿਲ ਦੇ ਛੇਕ ਦਾ ਅਪ੍ਰੇਸ਼ਨ ਸਫ਼ਲਤਾ ਪੂਰਵਕ ਹੋਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ, ਪੋਤੇ ਦੀ ਤੰਦਰੁਸਤੀ, ਕਾਮਯਾਬੀ ਅਤੇ ਖੁਸ਼ੀਆਂ ਭਰਪੂਰ ਲੰਬੀ ਉਮਰ ਦੀ ਕਾਮਨਾ ਕੀਤੀ ਗਈ। ਪਿਛਲੇ ਸਮੇਂ ਵਿੱਚ ਕੀਤੇ ਗਏ ਸੰਘਰਸ਼ਾਂ ਵਿੱਚ ਐਸੋਸੀਏਸ਼ਨ ਵਲੋਂ ਕੀਤੀ ਗਈ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ।ਵਿੱਤ ਸਕੱਤਰ ਗੁਰਨਾਮ ਸਿੰਘ ਸੈਣੀ ਵਲੋਂ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨਾਲ ਐਸੋਸੀਏਸ਼ਨ ਦੀ ਆਮਦਨ ਅਤੇ ਖਰਚ ਦੇ ਵੇਰਵੇ ਸਾਂਝੇ ਕੀਤੇ ਅਤੇ ਕੀਤੇ ਗਏ ਖਰਚਿਆਂ ਨੂੰ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ। ਵਿੱਤ ਸਕੱਤਰ ਵਲੋਂ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਨਿਮਰਤਾ ਸਹਿਤ ਬੇਨਤੀ ਵੀ ਕੀਤੀ ਜਾਂਦੀ ਹੈ ਕਿ ਸਾਲ 2026 ਦਾ ਸੰਘਰਸ਼ ਫੰਡ ਜਲਦੀ ਤੋਂ ਜਲਦੀ ਜਮ੍ਹਾਂ ਕਰਵਾਉਣ ਦਾ ਉਪਰਾਲਾ ਜ਼ਰੂਰ ਕਰਨ।ਆਖ਼ਰ ਵਿੱਚ ਪ੍ਰਧਾਨ ਮੋਹਣ ਸਿੰਘ ਭੱਟੀ ਨੇ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਐਸੋਸੀਏਸ਼ਨ ਦੇ ਘਰਾਂ ਵਿੱਚ ਬੈਠੇ ਮੈਂਬਰਾਂ ਨੂੰ ਵੀ ਮਾਸਿਕ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਵਧਾਉਣ ਅਤੇ ਮੰਗਾਂ ਦੀ ਪ੍ਰਾਪਤੀ ਕਰਨ ਲਈ ਐਕਸ਼ਨਾਂ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।ਇਸ ਸਮੇਂ ਹੋਰਨਾਂ ਤੋਂ ਇਲਾਵਾ ਪ੍ਰਧਾਨ ਮੋਹਣ ਸਿੰਘ ਭੱਟੀ, ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ,ਸੀਨੀਅਰ ਮੀਤ ਪ੍ਰਧਾਨ ਪ੍ਰਮੋਦ ਕੁਮਾਰ ਜੋਸ਼ੀ,ਵਿੱਤ ਦੇ ਸਕੱਤਰ ਗੁਰਨਾਮ ਸਿੰਘ ਸੈਣੀ, ਪ੍ਰੈੱਸ ਸਕੱਤਰ ਸੀਤਲ ਰਾਮ ਬੰਗਾ,ਹਰਭਜਨ ਲਾਲ ਕੌਰ,ਕੇ ਕੇ ਪਾਂਡੇ, ਜੋਗਿੰਦਰ ਸਿੰਘ,ਰਤਨ ਸਿੰਘ ਆਦਿ ਪੈਨਸ਼ਨਰ ਸਾਥੀ ਹਾਜ਼ਰ ਸਨ।